ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ


ਅਕਾਲੀਆਂ ਵੱਲੋਂ ਘੁਬਾਇਆ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ
ਜਲਾਲਾਬਾਦ/ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਪ੍ਰੈੱਸ ਕਾਨਫ਼ਰੰਸ ਕਰਕੇ ਅਸਤੀਫ਼ੇ ਦਾ ਐਲਾਨ ਕਰਦਿਆਂ ਸ੍ਰੀ ਘੁਬਾਇਆ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ‘ਮੈਨੂੰ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਜਾਂਦਾ ਸੀ।’ ਉਨ੍ਹਾਂ ਕਿਹਾ ਕਿ 2009 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜਾਉਣਾ ਸੱਭ ਤੋਂ ਵੱਡੀ ਗਲਤੀ ਸੀ। ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ,”ਕਾਂਗਰਸ ਪਾਰਟੀ ਵਿੱਚ ਮੇਰਾ ਬੇਟਾ ਹੈ ਅਤੇ ਇਸ ਦਾ ਮੇਰੇ ‘ਤੇ ਅਸਰ ਪਏਗਾ।” ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੋਈ ਸ਼ਰਤ ਨਹੀਂ ਰੱਖਣਗੇ। ਸ੍ਰੀ ਘੁਬਾਇਆ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਅਤੇ ਆਪਣੇ ਹਮਾਇਤੀਆਂ ਨਾਲ ਸਲਾਹ ਕਰਨ ਮਗਰੋਂ ਹੀ ਕੋਈ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਲੰਬੇ ਸਮੇਂ ਤੋਂ ਮੱਤਭੇਦ ਹੋਣ ‘ਤੇ ਪਹਿਲਾਂ ਅਸਤੀਫ਼ਾ ਇਸ ਲਈ ਨਹੀਂ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਦੂਜੀ ਵਾਰ ਵੋਟਰਾਂ ਅਤੇ ਸਪੋਰਟਰਾਂ ਨੇ ਜਿਤਾਇਆ ਸੀ, ਜਿਸ ਕਾਰਨ ਉਨ੍ਹਾਂ ਦੀ ਗੱਲ ਮੰਨ ਕੇ ਅਸਤੀਫ਼ਾ ਲੇਟ ਦਿੱਤਾ ਹੈ। ਉਧਰ ਸ਼ੇਰ ਸਿੰਘ ਘੁਬਾਇਆ ਦੇ ਅਸਤੀਫ਼ੇ ਉਤੇ ਜ਼ਿਲ੍ਹਾ ਫਾਜ਼ਿਲਕਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਪਾਰਟੀ ਨੇ ਘੁਬਾਇਆ ਨੂੰ ਪੂਰਾ ਮਾਣ ਸਨਮਾਨ ਦਿੱਤਾ ਹੈ ਪਰੰਤੂ ਜਦੋਂ ਕਿਸੇ ਦਾ ਮਨ ਪਾਰਟੀ ਤੋਂ ਭਰ ਜਾਂਦਾ ਹੈ ਤਾਂ ਉਸ ਨੇ ਇਧਰ-ਉਧਰ ਜਾਣਾ ਹੀ ਹੁੰਦਾ ਹੈ ਅਤੇ ਇਹ ਅਸਤੀਫ਼ਾ ਇਸੇ ਸਿਸਟਮ ਦਾ ਹੀ ਨਤੀਜਾ ਹੈ।
ਇਸ ਦੌਰਾਨ ਦਿਲਚਸਪ ਘਟਨਾਕ੍ਰਮ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਹੀ ਬਰਖ਼ਾਸਤ ਕਰਨ ਦਾ ਐਲਾਨ ਕਰ ਦਿੱਤਾ। ਇੱਕ ਬਿਆਨ ਰਾਹੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘੁਬਾਇਆ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਲਾਏ ਹਨ। ਮਹੱਤਵਪੂਰਨ ਤੱਥ ਇਹ ਹੈ ਕਿ ਸ਼ੇਰ ਸਿੰਘ ਘੁਬਾਇਆ ਸਾਲ 2016 ਤੋਂ ਹੀ ਬਾਗ਼ੀ ਰੁਖ਼ ਅਖਤਿਆਰ ਕਰੀ ਬੈਠੇ ਹਨ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਦੀਆਂ ਗਤੀਵਿਧੀਆਂ ਮਗਰੋਂ ਬਾਗ਼ੀ ਸੰਸਦ ਮੈਂਬਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਅਕਾਲੀ ਦਲ ਵੱਲੋਂ ਅਨੁਸ਼ਾਸਨੀ ਕਾਰਵਾਈ ਉਸ ਸਮੇਂ ਅਮਲ ਵਿੱਚ ਲਿਆਂਦੀ ਗਈ ਜਦੋਂ ਉਸ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਸ਼ੇਰ ਸਿੰਘ ਨੇ ਪਾਰਟੀ ਛੱਡਣ ਸਮੇਂ ਵੀ ਛੋਟੇ ਬਾਦਲ ਨੂੰ ਹੀ ਨਿਸ਼ਾਨਾ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਦਰਪੇਸ਼ ਸਿਆਸੀ ਸੰਕਟ ਤੋਂ ਬਾਅਦ ਇਹ ਤੀਜੇ ਸੰਸਦ ਮੈਂਬਰ ਹਨ ਜਿਸ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਭਾਵੇਂ ਪਾਰਟੀ ਨਹੀਂ ਛੱਡੀ ਪਰ ਛੋਟੇ ਬਾਦਲ ਦੀ ਲੀਡਰਸ਼ਿਪ ਨੂੰ ਚੁਣੌਤੀ ਜ਼ਰੂਰ ਦਿੱਤੀ ਹੋਈ ਹੈ। ਖਡੂਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਾਂ ਪਾਰਟੀ ਪ੍ਰਧਾਨ ਖਿਲਾਫ਼ ਖੁੱਲ੍ਹੀ ਬਗਾਵਤ ਤੋਂ ਬਾਅਦ ਨਵੀਂ ਪਾਰਟੀ ਬਣਾ ਲਈ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿੱਚ ਹੋ ਰਹੀ ਉਥਲ ਪੁੱਥਲ ਉਸ ਦੇ ਸਿਆਸੀ ਸੰਕਟ ਵਿੱਚ ਵਾਧਾ ਕਰ ਸਕਦੀ ਹੈ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *