ਭਾਈ ਰਾਜਿੰਦਰ ਸਿੰਘ ਨੂੰ ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਿਆ


ਅੰਮ੍ਰਿਤਸਰ/ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਹੋਈ ਮੀਟਿੰਗ ਵਿਚ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਦਿੱਤੇ ਅਸਤੀਫੇ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਦੀ ਥਾਂ ‘ਤੇ ਗ੍ਰੰਥੀ ਭਾਈ ਰਾਜਿੰਦਰ ਸਿੰਘ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਬੋਰਡ ਦੀ ਮੀਟਿੰਗ ਵਿਚ ਕੁੱਲ 14 ‘ਚੋਂ ਦਸ ਮੈਂਬਰ ਹਾਜ਼ਰ ਸਨ ਅਤੇ ਮੀਟਿੰਗ ਦੀ ਅਗਵਾਈ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕੀਤੀ।
ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੋਰਡ ਦੇ ਪ੍ਰਧਾਨ ਤੇ ਮੈਂਬਰਾਂ ਦੇ ਨਾਂ ਭੇਜੇ ਗਏ ਆਦੇਸ਼ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੀ ਥਾਂ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬਤੌਰ ਗ੍ਰੰਥੀ ਕੰਮ ਕਰ ਰਹੇ ਗਿਆਨੀ ਰਾਜਿੰਦਰ ਸਿੰਘ ਨੂੰ ਹਾਲ ਦੀ ਘੜੀ ਤਖ਼ਤ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ ਹੈ। ਸ੍ਰੀ ਹਿੱਤ ਨੇ ਦੱਸਿਆ ਕਿ ਮੀਟਿੰਗ ਵਿਚ ਬਹੁਸੰਮਤੀ ਨਾਲ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ ਜਾਂਚ ਕਮੇਟੀ ਵਲੋਂ ਵੀ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਭੇਜਿਆ ਗਿਆ ਆਦੇਸ਼ ਪੱਤਰ ਪ੍ਰਾਪਤ ਹੋਇਆ ਸੀ ਜਿਸ ਨੂੰ ਮੀਟਿੰਗ ਵਿਚ ਸਮੂਹ ਮੈਂਬਰਾਂ ਨੂੰ ਪੜ੍ਹ ਕੇ ਅਕਾਲ ਤਖ਼ਤ ਦੀ ਹਦਾਇਤ ਤੋਂ ਜਾਣੂ ਕਰਾਇਆ ਗਿਆ ਹੈ। ਮਗਰੋਂ ਹਾਜ਼ਰ ਮੈਂਬਰਾਂ ਦੀ ਰਾਏ ਨਾਲ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਤਖ਼ਤ ਦੇ ਕੰਮਕਾਜ ਅਤੇ ਸਾਂਭ ਸੰਭਾਲ ਵਾਸਤੇ ਗ੍ਰੰਥੀ ਵਜੋਂ ਕੰਮ ਕਰ ਰਹੇ ਭਾਈ ਰਾਜਿੰਦਰ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਇਹ ਸੇਵਾ ਸੌਂਪੀ ਹੈ ਅਤੇ ਉਨ੍ਹਾਂ ਆਪਣਾ ਕਾਰਜਭਾਰ ਵੀ ਸਾਂਭ ਲਿਆ ਹੈ। ਭਾਈ ਰਾਜਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬਤੌਰ ਗ੍ਰੰਥੀ ਸੇਵਾਵਾਂ ਨਿਭਾਅ ਰਹੇ ਹਨ।
ਮਿਲੇ ਵੇਰਵਿਆਂ ਮੁਤਾਬਕ ਪ੍ਰਬੰਧਕੀ ਬੋਰਡ ਵਲੋਂ ਲਏ ਫੈਸਲੇ ਮਗਰੋਂ ਉਥੇ ਗਿਆਨੀ ਇਕਬਾਲ ਸਿੰਘ ਸਮਰਥਕਾਂ ਵਲੋਂ ਇਸ ਫੈਸਲੇ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਗਿਆਨੀ ਇਕਬਾਲ ਸਿੰਘ ਖਿਲਾਫ ਲੱਗੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਜਾਂਚ ਕਮੇਟੀ ਵਿਚ ਬੋਰਡ ਦੇ ਮੈਂਬਰ ਵੀ ਸ਼ਾਮਲ ਕੀਤੇ ਜਾਣਗੇ ਅਤੇ ਜੇਕਰ ਗਿਆਨੀ ਇਕਬਾਲ ਸਿੰਘ ਖਿਲਾਫ ਲੱਗੇ ਦੋਸ਼ ਸਹੀ ਸਾਬਤ ਹੋਏ ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ‘ਤੇ ਵੀ ਤਲਬ ਕੀਤਾ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਗਿਆਨੀ ਇਕਬਾਲ ਸਿੰਘ ਖਿਲਾਫ ਉਨ੍ਹਾਂ ਦੀ ਦੂਜੀ ਪਤਨੀ ਵਲੋਂ ਗੰਭੀਰ ਦੋਸ਼ ਲਾਏ ਗਏ ਸਨ। ਉਨ੍ਹਾਂ ਦੇ ਬੇਟੇ ਗੁਰਪ੍ਰਸਾਦਿ ਸਿੰਘ ਵਲੋਂ ਸਿਗਰਟਨੋਸ਼ੀ ਕਰਦਿਆਂ ਦੀ ਵੀਡਿਓ ਵਾਇਰਲ ਹੋਈ ਸੀ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *