ਚੰਦਾ ਮੰਗਣ ਦੇ ਸਟਿੰਗ ਅਪਰੇਸ਼ਨ ‘ਚ ‘ਫਸੇ’ ਚੌਧਰੀ ਸੰਤੋਖ ਸਿੰਘ


ਜਲੰਧਰ/ਇਕ ਟੀਵੀ ਚੈਨਲ ਵੱਲੋਂ ਕੀਤੇ ਗਏ ਕਥਿਤ ਸਟਿੰਗ ਅਪਰੇਸ਼ਨ ‘ਚ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੂੰ ਚੋਣ ਫੰਡ ਦੇਣ ਅਤੇ ਜਿੱਤਣ ਉਪਰੰਤ ਕੰਮ ਕਰਵਾਉਣ ਦੀ ਗੱਲਬਾਤ ਕਰਦਿਆਂ ਦਿਖਾਇਆ ਗਿਆ ਹੈ। ਇਹ ਸਟਿੰਗ ਦਿਖਾਏ ਜਾਣ ਤੋਂ ਬਾਅਦ ਕਾਂਗਰਸ ਹਲਕਿਆਂ ਵਿਚ ਹਲਚਲ ਮੱਚ ਗਈ ਹੈ। ਚੌਧਰੀ ਸੰਤੋਖ ਸਿੰਘ ਜਿੱਥੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ ਹਨ, ਉਥੇ ਕਾਂਗਰਸ ਦਾ ਇਕ ਧੜਾ ਵੀ ਉਨ੍ਹਾਂ ‘ਤੇ ਲੱਗੇ ‘ਦਾਗ਼’ ਕਾਰਨ ਕੱਛਾਂ ਵਜਾ ਰਿਹਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੌਧਰੀ ਸੰਤੋਖ ਸਿੰਘ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਇਹ ਸਟਿੰਗ ਅਪਰੇਸ਼ਨ ਚੌਧਰੀ ਸੰਤੋਖ ਸਿੰਘ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਦਾ ਹੈ। ਇਸ ਸਟਿੰਗ ਅਪਰੇਸ਼ਨ ਵਿੱਚ ਚੌਧਰੀ ਸੰਤੋਖ ਸਿੰਘ ਇਹ ਕਹਿੰਦੇ ਵਿਖਾਈ ਦੇ ਰਹੇ ਹਨ ਕਿ ਉਨ੍ਹਾਂ ਦੀ ਚੋਣ ਵਿਚ ਪੈਸੇ ਲਾਓ, ਜਦੋਂ ਉਹ ਸੱਤਾ ਵਿਚ ਆ ਗਏ ਤਾਂ ਉਨ੍ਹਾਂ (ਸਵਾਲ ਪੁੱਛਣ ਵਾਲੇ) ਦੇ ਨਿਵੇਸ਼ ਦਾ ਖਿਆਲ ਰੱਖਿਆ ਜਾਵੇਗਾ। ਚੌਧਰੀ ਸੰਤੋਖ ਸਿੰਘ ਇਹ ਕਹਿੰਦੇ ਵੀ ਸੁਣਾਈ ਦਿੰਦੇ ਹਨ ਕਿ ਨੋਟਬੰਦੀ ਨਾਲ ਬਹੁਤ ਕੰਮ ਖਰਾਬ ਹੋ ਗਿਆ ਹੈ।
ਕਾਬਿਲੇਗੌਰ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਵਿਚ ਚੌਧਰੀ ਸੰਤੋਖ ਸਿੰਘ ਜਲੰਧਰ ਹਲਕੇ ਤੋਂ ਮੁੜ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿਚ ਚੌਧਰੀ ਸੰਤੋਖ ਸਿੰਘ 70 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਹਾਲਾਂਕਿ ਕਾਂਗਰਸ ਵਿਚੋਂ ਹੋਰ ਆਗੂਆਂ ਨੇ ਵੀ ਟਿਕਟ ਲਈ ਅਪਲਾਈ ਕੀਤਾ ਹੈ ਜਿਨ੍ਹਾਂ ਵਿਚ ਸਾਬਕਾ ਐਮਪੀ ਮਹਿੰਦਰ ਸਿੰਘ ਕੇਪੀ, ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸਮੇਤ ਹੋਰ ਆਗੂ ਸ਼ਾਮਲ ਹਨ। ਅਜਿਹੇ ਮੌਕੇ ਸਟਿੰਗ ਅਪਰੇਸ਼ਨ ਦੇ ਸਾਹਮਣੇ ਆਉਣ ਨਾਲ ਕਾਂਗਰਸ ‘ਚ ਚੌਧਰੀ ਸੰਤੋਖ ਸਿੰਘ ਦਾ ਵਿਰੋਧੀ ਧੜਾ ਖੁਸ਼ ਨਜ਼ਰ ਆ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਘ ਬਾਦਲ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਚੌਧਰੀ ਸੰਤੋਖ ਸਿੰਘ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਚੋਣ ਕਮਿਸ਼ਨ ਨੂੰ ਵੀ ਕਾਂਗਰਸ ਸੰਸਦ ਮੈਂਬਰ ਦੀ ਇਸ ਹਰਕਤ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਉਸ ਖ਼ਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।
ਚੌਧਰੀ ਸੰਤੋਖ ਸਿੰਘ ਨੇ ਸਟਿੰਗ ਅਪਰੇਸ਼ਨ ਨੂੰ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਟਿੰਗ ਅਪਰੇਸ਼ਨ ਦੀ ਵੀਡੀਓ ਨੂੰ ਬੜੀ ਬਰੀਕੀ ਨਾਲ ਸੰਪਾਦਿਤ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਰਿਪੋਰਟਰ ਉਨ੍ਹਾਂ ਕੋਲੋਂ ਨੋਟਬੰਦੀ ਤੇ ਜੀਐਸਟੀ ਬਾਰੇ ਰਾਇ ਜਾਨਣ ਲਈ ਆਏ ਸਨ, ਉਸ ਵੀਡੀਓ ਨੂੰ ਹੁਣ ਆਪਣੀ ਲੋੜ ਮੁਤਾਬਕ ਸੰਪਾਦਿਤ ਕਰਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਟੀਵੀ ਚੈਨਲ ਨੂੰ ਮਿਲਣ ਵਾਲੇ ਫੰਡਾਂ ਦੀ ਜਾਂਚ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਚੈਨਲ ਵਿਰੁੱਧ ਕਾਰਵਾਈ ਕਰਨ ਲਈ ਕਾਨੂੰਨੀ ਰਾਇ ਲੈ ਰਹੇ ਹਨ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *