ਹਰਿਮੰਦਰ ਸਾਹਿਬ ਅੰਦਰ ਪੰਜਾਬੀ ਗੀਤ ਵਜਾ ਕੇ ਨੱਚਣ ਵਾਲੇ ਗਿਰਫ਼ਤਾਰ


ਅੰਮ੍ਰਿਤਸਰ/ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਗੀਤ ‘ਤੇ ਨ੍ਰਿਤ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਪੁਲੀਸ ਨੇ ਹਰਿਆਣਾ ਦੇ ਯਮੁਨਾਨਗਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਰਵਜੀਤ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਇਸ ਵੀਡੀਓ ਵਿੱਚ ਇਹ ਨੌਜਵਾਨ ਇਕ ਪੰਜਾਬੀ ਗੀਤ ਦੀ ਧੁਨ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਨ੍ਰਿਤ ਕਰਦੇ ਨਜ਼ਰ ਆ ਰਹੇ ਸਨ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੇ ਇੰਚਾਰਜ ਹਰਿੰਦਰ ਸਿੰਘ ਵੱਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ, ਜਿਸ ਦੇ ਆਧਾਰ ‘ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਸੀ। ਹਰਿੰਦਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਘਟਨਾ 25 ਅਪਰੈਲ ਰਾਤ ਕਰੀਬ 12 ਵਜੇ ਦੀ ਹੈ, ਜਦੋਂ ਉਕਤ ਨੌਜਵਾਨਾਂ ਨੇ ਪਰਿਕਰਮਾ ਵਿਚ ਸਰੋਵਰ ਦੇ ਕੰਢੇ ਐਕਟਿੰਗ ਅਤੇ ਨ੍ਰਿਤ ਕਰਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ ਸੀ। ਇਸ ਵੀਡੀਓ ਖ਼ਿਲਾਫ਼ ਲੋਕਾਂ ਵੱਲੋਂ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਸ੍ਰੀ ਹਰਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਪੁਲੀਸ ਨੂੰ ਦੇ ਕੇ ਦੋਸ਼ ਲਾਇਆ ਕਿ ਇਹ ਨੌਜਵਾਨ ਅਜਿਹਾ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਅਕਸ ਨੂੰ ਢਾਹ ਲਾ ਰਹੇ ਹਨ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨਾਂ ਦੱਸਿਆ ਕਿ ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਤੁਰੰਤ ਇਨ੍ਹਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *