ਭਾਜਪਾ ਦੀ ਡੇਰਾ ਮੁਖੀ ਬਾਰੇ ਦੁਚਿੱਤੀ ਨੇ ਅਕਾਲੀਆਂ ਦੀ ਚਿੰਤਾ ਵਧਾਈ


ਚੰਡੀਗੜ੍ਹ/ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨਾਲ ਸਾਂਝ ਭਿਆਲੀ ਪਾ ਕੇ ਚੋਣਾਂ ਲੜਨ ਦੇ ਸੁਫਨੇ ਨੂੰ ਗ੍ਰਹਿਣ ਲੱਗਦਾ ਨਜ਼ਰ ਆ ਰਿਹਾ ਹੈ। ਭਾਜਪਾ ਦੀ ਨਵੀਂ ਚੋਣ ਨੀਤੀ ਨੇ ਅਕਾਲੀਆਂ ਨੂੰ ਸੋਚੀਂ ਪਾ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਡੇਰਾ ਸਿਰਸਾ ਵੱਲ ਵਧਦਾ ਝੁਕਾਅ ਸਿਆਸੀ ਤੌਰ ‘ਤੇ ਵੱਡੀ ਚੁਣੌਤੀ ਬਣ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਮੰਨਿਆ ਹੈ ਕਿ ਭਾਜਪਾ ਵੱਲੋਂ ਹਰਿਆਣਾ ਦੀਆਂ ਆਗਾਮੀ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਉੱਤੇ ਰਿਹਾਅ ਕਰਨ ਦੀ ਰਣਨੀਤੀ ਅਕਾਲੀ ਦਲ ਲਈ ਪੰਜਾਬ ਦੀ ਸਿਆਸਤ ਵਿਚ ਭਾਰੀ ਪੈ ਸਕਦੀ ਹੈ। ਇਸ ਲਈ ਗੁਆਂਢੀ ਸੂਬੇ ਵਿਚ ਚੋਣ ਸਮਝੌਤਾ ਹੁਣ ਸੋਚ ਵਿਚਾਰ ਤੋਂ ਬਾਅਦ ਹੀ ਕੀਤਾ ਜਾਵੇਗਾ। ਸਾਧਵੀਆਂ ਨਾਲ ਜਬਰ-ਜਨਾਹ ਅਤੇ ਪੱਤਰਕਾਰ ਛੱਤਰਪਤੀ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ਤਹਿਤ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੂੰ ਪੈਰੋਲ ‘ਤੇ ਭੇਜਣ ਦੀਆਂ ਗਤੀਵਿਧੀਆਂ ਜ਼ੋਰਾਂ ‘ਤੇ ਹਨ। ਹਰਿਆਣਾ ਨਾਲ ਸਬੰਧਿਤ ਭਾਜਪਾ ਦੇ ਮੰਤਰੀਆਂ ਵੱਲੋਂ ਜਿੱਥੇ ਪੈਰੋਲ ਦੀ ਵਕਾਲਤ ਕੀਤੀ ਜਾ ਰਹੀ ਹੈ, ਉੱਥੇ ਹੀ ਅਕਾਲੀ ਦਲ ਇਸ ਮੁੱਦੇ ‘ਤੇ ਚੁੱਪ ਰਹਿਣ ‘ਚ ਹੀ ਭਲਾਈ ਸਮਝ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਰਲ਼ ਕੇ ਚੋਣਾਂ ਲੜੀਆਂ ਜਾਂਦੀਆਂ ਰਹੀਆਂ ਹਨ। ਹਰਿਆਣਾ ਦੀ ਸਿਆਸਤ ਵਿਚ ਪਹਿਲੀ ਵਾਰੀ ਅਕਾਲੀਆਂ ਨੇ ਭਾਜਪਾ ਨਾਲ ਸਾਂਝ ਦੇ ਸੁਫਨੇ ਸੰਜੋਏ ਸਨ ਪਰ ਇਨ੍ਹਾਂ ਸੁਫਨਿਆਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *