ਧਾਰਾ 370 ਖ਼ਤਮ ਕਰਕੇ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰੀ ਸ਼ਾਸਿਤ ਪ੍ਰਦੇਸ਼ ਐਲਾਨੇ


ਹੱਕ ਵਿੱਚ ਵੋਟਾਂ-125 ਵਿਰੋਧ ਵਿੱਚ ਵੋਟਾਂ-61
ਯੂਟੀ ਦੇ ਬਾਵਜੂਦ ਜੰਮੂ-ਕਸ਼ਮੀਰ ਦੀ ਆਪਣੀ ਵਿਧਾਨ ਸਭਾ ਹੋਵੇਗੀ
ਜੰਮੂ ਤੇ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ‘ਢੁਕਵੇਂ ਸਮੇਂ’ ਉੱਤੇ ਬਹਾਲ ਕਰਾਂਗੇ: ਸ਼ਾਹ
ਨਵੀਂ ਦਿੱਲੀ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇਤਿਹਾਸ ਸਿਰਜਦਿਆਂ ਰਾਸ਼ਟਰਪਤੀ ਦੇ ਨਵੇਂ ਫ਼ਰਮਾਨ ਦੇ ਹਵਾਲੇ ਨਾਲ ਜੰਮੂ ਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਫ਼ੌਰੀ ਖ਼ਤਮ ਕਰ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕਰਦਿਆਂ ਜੰਮੂ ਤੇ ਕਸ਼ਮੀਰ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ (ਜੰਮੂ ਤੇ ਕਸ਼ਮੀਰ ਡਿਵੀਜ਼ਨ ਅਤੇ ਲੱਦਾਖ਼) ਵਿੱਚ ਵੰਡਣ ਦੀ ਤਜਵੀਜ਼ ਰੱਖੀ, ਜਿਸ ਨੂੰ ਸਦਨ ਨੇ ਦੇਰ ਸ਼ਾਮ ਲੰਮੀ ਬਹਿਸ ਮਗਰੋਂ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿੱਚ 125 ਤੇ ਵਿਰੋਧ ਵਿੱਚ 61 ਵੋਟਾਂ ਪਈਆਂ। ਬਿੱਲ ਮੁਤਾਬਕ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਕਰਕੇ ਸਿੱਧੇ ਕੇਂਦਰ ਸਰਕਾਰ ਅਧੀਨ ਆ ਜਾਣਗੇ। ਹਾਲਾਂਕਿ ਯੂਟੀ ਬਣਨ ਦੇ ਬਾਵਜੂਦ ਜੰਮੂ ਤੇ ਕਸ਼ਮੀਰ ਦੀ ਆਪਣੀ ਵਿਧਾਨ ਸਭਾ ਹੋਵੇਗੀ। ਉਧਰ ਵਿਰੋਧੀ ਧਿਰ ਨੇ ਸਰਕਾਰ ਵੱਲੋਂ ਕਾਹਲੀ ਨਾਲ ਪੇਸ਼ ਕੀਤੇ ਬਿੱਲ ਨੂੰ ਗ਼ੈਰਜਮਹੂਰੀ ਕਰਾਰ ਦਿੰਦਿਆਂ ਇਸ ਦਾ ਜ਼ੋਰਦਾਰ ਵਿਰੋਧ ਕੀਤਾ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਨਵੇਂ ਫਰਮਾਨ ਦੇ ਹਵਾਲੇ ਨਾਲ ਮਤਾ ਰੱਖਦਿਆਂ ਕਿਹਾ ਕਿ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਹੁਣ ਅਮਲ ਵਿੱਚ ਨਹੀਂ ਰਹੇਗਾ। ਮਤੇ ਮੁਤਾਬਕ, ‘ਰਾਸ਼ਟਰਪਤੀ ਨੇ ਸੰਸਦ ਦੀ ਸਿਫਾਰਿਸ਼ ‘ਤੇ 5 ਅਗਸਤ 2019 ਤੋਂ ਧਾਰਾ 370 ਦੀਆਂ ਉਪ ਧਾਰਾਵਾਂ ਨੂੰ ਮਨਸੂਖ ਕਰ ਦਿੱਤਾ ਹੈ।’ ਸ੍ਰੀ ਸ਼ਾਹ ਨੇ ਜੰਮੂ ਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ ਤੇ ਕਸ਼ਮੀਰ ਡਿਵੀਜ਼ਨ ਅਤੇ ਲੱਦਾਖ ਵਿੱਚ ਵੰਡਣ ਸਬੰਧੀ ਬਿੱਲ ਦੀ ਤਜਵੀਜ਼ ਵੀ ਰੱਖੀ। ਸ੍ਰੀ ਸ਼ਾਹ ਨੇ ਜੰਮੂ ਤੇ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕਰਦਿਆਂ ਕਿਹਾ ਕਿ ਲੱਦਾਖ, ਚੰਡੀਗੜ੍ਹ ਦੀ ਤਰਜ਼ ‘ਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣੇਗਾ ਜਦੋਂਕਿ ਜੰਮੂ ਤੇ ਕਸ਼ਮੀਰ ਵਿੱਚ ਦਿੱਲੀ ਤੇ ਪੁੱਡੂਚੇਰੀ ਵਾਂਗ ਵਿਧਾਨ ਸਭਾ ਹੋਵੇਗੀ। ਕੇਂਦਰੀ ਮੰਤਰੀ ਨੇ ਬਿੱਲ ਨੂੰ ਰਾਜ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮਗਰੋਂ ਦੋਵੇਂ ਆਗੂ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਰਾਜ ਸਭਾ ਦੇ ਚੇਅਰਮੈਨ ਐੱਮæਵੈਂਕਈਆ ਨਾਇਡੂ ਨੇ ਗ੍ਰਹਿ ਮੰਤਰੀ ਵੱਲੋਂ ਰੱਖੇ ਬਿਲਾਂ ਸਬੰਧੀ ਉਜਰ ਦਰਜ ਕਰਵਾਉਣ ਲਈ ਪਹਿਲਾਂ ਡੇਢ ਘੰਟੇ (ਦੁਪਹਿਰ 12:30 ਵਜੇ ਤਕ) ਦਾ ਸਮਾਂ ਦਿੱਤਾ ਤੇ ਮਗਰੋਂ ਇਸ ਦੀ ਮਿਆਦ ਦੁਪਹਿਰ ਢਾਈ ਵਜੇ ਤਕ ਵਧਾ ਦਿੱਤੀ।
ਬਿੱਲ ਉੱਤੇ ਹੋਈ ਬਹਿਸ ਵਿੱਚ ਸ਼ਾਮਲ ਹੁੰਦਿਆਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਧਾਰਾ 370 ਨੂੰ ਰੱਦ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ‘ਚ ਵੰਡਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਕੇਂਦਰ ਨੇ ਰਾਜ ਦਾ ਦਰਜਾ ਘਟਾਉਂਦਿਆਂ ਇਸ ਦੀ ਕਮਾਨ ਉਪ ਰਾਜਪਾਲ ਹੱਥ ਫੜਾ ਦਿੱਤੀ ਹੈ।’ ਆਜ਼ਾਦ ਨੇ ਕਿਹਾ, ‘ਅੱਜ ਦਾ ਦਿਨ ਭਾਰਤ ਦੇ ਇਤਿਹਾਸ ‘ਤੇ ਕਾਲਾ ਧੱਬਾ ਹੈ।’
ਸ੍ਰੀ ਸ਼ਾਹ ਨੇ ਬਿੱਲ ‘ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਵਿਰੋਧੀ ਧਿਰਾਂ ਵੱਲੋਂ ਜਤਾਏ ਤੌਖਲਿਆਂ ਨੂੰ ਰੱਦ ਕਰਦਿਆਂ ਭਰੋਸਾ ਦਿੱਤਾ ਕਿ ਕਸ਼ਮੀਰ ਨੂੰ ‘ਕੁਝ ਨਹੀਂ ਹੁੰਦਾ’ ਤੇ ਇਸ ਨੂੰ ਜੰਗ ਦਾ ਝੰਬਿਆ ਕੋਸੋਵੋ ਬਣਨ ਦੀ ਇਜਾਜ਼ਤ ਨਹੀਂ ਦਿਆਂਗੇ। ਉਨ੍ਹਾਂ ਕਿਹਾ, ‘ਇਹ ਧਰਤੀ ‘ਤੇ ਜੰਨਤ ਸੀ ਤੇ ਹਮੇਸ਼ਾਂ ਰਹੇਗੀ।’ ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ‘ਢੁੱਕਵੇਂ ਸਮੇਂ’ ਅਤੇ ‘ਹਾਲਾਤ ਆਮ ਵਾਂਗ’ ਹੋਣ ਮਗਰੋਂ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਜੰਮੂ ਤੇ ਕਸ਼ਮੀਰ ਨੂੰ ਮੁਲਕ ਦਾ ਸਭ ਤੋਂ ਵਿਕਸਤ ਰਾਜ ਬਣਾਉਣ ਲਈ ਵਚਨਬੱਧ ਸੀ, ਪਰ ‘ਧਾਰਾ 370 ਸੂਬੇ ਵਿੱਚ ਹਾਲਾਤ ਆਮ ਵਾਂਗ ਕਰਨ ‘ਚ ਵੱਡਾ ਅੜਿੱਕਾ ਸੀ।’ ਉਨ੍ਹਾਂ ਕਿਹਾ ਕਿ ਧਾਰਾ 370 ਤੇ 35ਏ ਜਿੰਨੀ ਦੇਰ ਹੋਂਦ ਵਿੱਚ ਸਨ, ਓਨੀ ਦੇਰ ਸੂਬੇ ‘ਚੋਂ ਅਤਿਵਾਦ ਦਾ ਖ਼ਾਤਮਾ ਮੁਸ਼ਕਲ ਸੀ। ਸ਼ਾਹ ਨੇ ਕਿਹਾ ਕਿ ਆਜ਼ਾਦੀ ਤੋਂ 70 ਸਾਲਾਂ ਮਗਰੋਂ ਜੰਮੂ-ਕਸ਼ਮੀਰ ਦੀ ਕਮਾਨ ਤਿੰਨ ਪਰਿਵਾਰਾਂ ਦੇ ਹੱਥ ਹੀ ਰਹੀ ਜਿਨ੍ਹਾਂ ਜਮਹੂਰੀਅਤ ਦੀ ਥਾਂ ਭ੍ਰਿਸ਼ਟਾਚਾਰ ਨੂੰ ਵਧਣ ਫੁਲਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੈਰ-ਸਪਾਟਾ ਵਿਕਸਤ ਨਹੀਂ ਹੋ ਸਕਿਆ ਕਿਉਂਕਿ ਬਾਹਰੀ ਲੋਕਾਂ ਨੂੰ ਸੂਬੇ ਵਿੱਚ ਜ਼ਮੀਨ ਖਰੀਦਣ ਦੀ ਖੁੱਲ੍ਹ ਨਹੀਂ ਹੈ। ਜੰਮੂ ਕਸ਼ਮੀਰ ਵਿੱਚ ਕਿਸੇ ਇੰਡਸਟਰੀ ਦੇ ਨਾ ਲੱਗਣ ਪਿੱਛੇ ਵੀ ਧਾਰਾ 370 ਹੈ। ਇਨ੍ਹਾਂ ਧਾਰਾਵਾਂ ਕਰਕੇ ਹੀ ਸੂਬੇ ਵਿੱਚ ਸਿਹਤ ਸੇਵਾਵਾਂ ਤੇ ਸਿੱਖਿਆ ਮੰਦੇਹਾਲੀਂ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਰੱਦ ਹੋਣ ਨਾਲ ਜੰਮੂ ਕਸ਼ਮੀਰ ਅਸਲ ਮਾਇਨੇ ਵਿੱਚ ਭਾਰਤ ਦਾ ਅਟੁੱਟ ਅੰਗ ਬਣ ਜਾਏਗਾ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿੱਚ ਬਿੱਲ ‘ਤੇ ਬਹਿਸ ਦਾ ਜਵਾਬ ਦਿੰਦਿਆਂ ਕੀਤੀ ਤਕਰੀਰ ਦੀ ਤਾਰੀਫ਼ ਕੀਤੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਸ਼ਾਹ ਦੀ ਤਕਰੀਰ ਨੇ ਜੰਮੂ ਤੇ ਕਸ਼ਮੀਰ ਨਾਲ ਭੂਤਕਾਲ ਤੇ ਮੌਜੂਦਾ ਸਮੇਂ ‘ਚ ਹੋ ਰਹੇ ‘ਲਾਮਿਸਾਲ ਅਨਿਆਂ’ ਬਾਬਤ ਕੇਂਦਰ ਸਰਕਾਰ ਦੇ ਨਜ਼ਰੀਏ ਨੂੰ ਬਹੁਤ ਵਧੀਆ ਤਰੀਕੇ ਨਾਲ ਪੇਸ਼ ਕੀਤਾ ਹੈ। ਸ੍ਰੀ ਮੋਦੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸ਼ਾਹ ਦੀ ਤਕਰੀਰ ਨੂੰ ਸਾਂਝਿਆਂ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਪੇਸ਼ ਕੀਤੇ ਗਏ ਵਿਚਾਰ ‘ਵਿਆਪਕ ਤੇ ਸੂਝ ਨਾਲ ਭਰਪੂਰ’ ਹਨ।
ਇਸ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਸੰਜਮ ਵਰਤਣ ਤਾਂ ਜੋ ਹਾਲਾਤ ਹੋਰ ਨਾ ਵਿਗੜਨ। ਦੋਵੇਂ ਗੁਆਂਢੀ ਮੁਲਕਾਂ ਵਿਚਕਾਰ ਅਚਾਨਕ ਤਣਾਅ ਵਧਣ ਨੂੰ ਦੇਖਦਿਆਂ ਇਹ ਅਪੀਲ ਕੀਤੀ ਗਈ ਹੈ। ਸ੍ਰੀ ਗੁਟੇਰੇਜ਼ ਦੇ ਤਰਜਮਾਨ ਸਟੀਫਨ ਡੁਜਾਰਿਕ ਵੱਲੋਂ ਜਾਰੀ ਬਿਆਨ ਮੁਤਾਬਕ ਭਾਰਤ ਅਤੇ ਪਾਕਿਸਤਾਨ ‘ਚ ਸੰਯੁਕਤ ਰਾਸ਼ਟਰ ਫ਼ੌਜੀ ਨਿਗਰਾਨ ਗਰੁੱਪ ਨੇ ਦੱਸਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੰਟਰੋਲ ਰੇਖਾ ‘ਤੇ ਫ਼ੌਜ ਦੀ ਸਰਗਰਮੀ ਵਧ ਗਈ ਹੈ। ‘ਸੰਯੁਕਤ ਰਾਸ਼ਟਰ ਦੋਵੇਂ ਮੁਲਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਸੰਜਮ ਵਰਤਣ ਤਾਂ ਜੋ ਹਾਲਾਤ ਹੋਰ ਨਾ ਵਿਗੜਨ।’ ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਹ ਭਾਰਤ ਵੱਲੋਂ ਧਾਰਾ 370 ਹਟਾਏ ਜਾਣ ਮਗਰੋਂ ਜੰਮੂ-ਕਸ਼ਮੀਰ ਦੇ ਹਾਲਾਤ ‘ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕੰਟਰੋਲ ਰੇਖਾ ‘ਤੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਜੰਮੂ-ਕਸ਼ਮੀਰ ‘ਚ ਕਾਰਵਾਈ ਨੂੰ ਪੂਰੀ ਤਰ੍ਹਾਂ ਨਾਲ ਅੰਦਰੂਨੀ ਮਾਮਲਾ ਦੱਸਿਆ ਹੈ ਪਰ ਉਥੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਬਾਰੇ ਫਿਕਰਮੰਦ ਹਨ।
ਜੰਮੂ ਕਸ਼ਮੀਰ ਨੂੰ ਦੋ ਹਿੱਸਿਆਂ ‘ਚ ਵੰਡਣ ਅਤੇ ਧਾਰਾ 370 ਹਟਾਉਣ ਦੇ ਫ਼ੈਸਲੇ ਬਾਰੇ ਭਾਰਤ ਨੇ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਦੇ ਪੰਜ ਸਥਾਈ ਮੈਂਬਰਾਂ ਦੇ ਸਫ਼ੀਰਾਂ ਨੂੰ ਸੋਮਵਾਰ ਨੂੰ ਜਾਣਕਾਰੀ ਦਿੱਤੀ। ਸਰਕਾਰੀ ਸੂਤਰਾਂ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਹੋਰ ਕਈ ਮੁਲਕਾਂ ਦੇ ਸਫ਼ੀਰਾਂ ਨੂੰ ਵੀ ਜੰਮੂ ਕਸ਼ਮੀਰ ਬਾਬਤ ਫ਼ੈਸਲੇ ਦੀ ਜਾਣਕਾਰੀ ਦਿੱਤੀ। ਕੂਟਨੀਤਕ ਭਾਈਚਾਰੇ ਦੇ ਮੈਂਬਰਾਂ ਵੱਲੋਂ ਦਿਲਚਸਪੀ ਦਿਖਾਏ ਜਾਣ ਮਗਰੋਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਸੰਯੁਕਤ ਰਾਸ਼ਟਰ ਦੇ ਪੰਜ ਸਥਾਈ ਮੁਲਕਾਂ ਸਮੇਤ ਹੋਰ ਕਈ ਮੁਲਕਾਂ ਨੂੰ ਇਸ ਬਾਰੇ ਦੱਸਿਆ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *